ਸੰਗਰੂਰ, 09 ਅਪ੍ਰੈਲ
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਲਕੇ ਦੇ ਪਿੰਡ ਬਲਵਾੜ ਕਲਾਂ, ਖੁਰਾਣੀ, ਸੋਹੀਆਂ ਕਲਾਂ, ਈਲਵਾਲ, ਕਨੋਈ ਅਤੇ ਕੁਲਾਰ ਖੁਰਦ ਦਾ ਵਿਸਤ੍ਰਿਤ ਦੌਰਾ ਕਰਦਿਆਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 65 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਥਾਨਕ ਲੋਕਾਂ ਨਾਲ ਸੰਵਾਦ ਕਰਦੇ ਹੋਏ, ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਮਾਡਲ ਪਿੰਡਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।
ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤਹਿਤ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ, ਗਲੀ-ਨਾਲੀਆਂ ਬਣਾਉਣ, ਸਾਫ਼ ਪੀਣਯੋਗ ਪਾਣੀ ਦੀ ਉਪਲਬਧਤਾ, ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਵਰਗੇ ਕੰਮ ਤਰਜੀਹੀ ਅਧਾਰ ‘ਤੇ ਕੀਤੇ ਜਾ ਰਹੇ ਹਨ।
ਉਨ੍ਹਾਂ ਹੋਰ ਦੱਸਿਆ ਕਿ ਇਹ ਗ੍ਰਾਂਟਾਂ ਪਿੰਡ ਵਾਸੀਆਂ ਦੀਆਂ ਮੰਗਾਂ ਅਤੇ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕੋਈ ਵੀ ਪਿੰਡ ਵਿਕਾਸ ਪੱਖੋਂ ਪਿੱਛੇ ਨਾ ਰਹਿ ਜਾਵੇ।
ਕੈਬਨਿਟ ਮੰਤਰੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਨਾਲ ਹੀ ਲੋਕਾਂ ਦਾ ਭਰੋਸਾ ਮਜ਼ਬੂਤ ਹੁੰਦਾ ਹੈ ਅਤੇ ਇਲਾਕੇ ਦੀ ਤਰੱਕੀ ਸੰਭਵ ਬਣਦੀ ਹੈ।
ਕੈਬਨਿਟ ਮੰਤਰੀ ਨੇ ਕੁਝ ਚੱਲ ਰਹੇ ਕੰਮਾਂ ਦੀ ਮੌਕੇ ‘ਤੇ ਜਾਂਚ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦੇ ਹੋਏ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸਬਜ਼ੀ ਕਾਸ਼ਤਕਾਰਾਂ ਦੇ ਬਰਸਾਤ ਕਾਰਨ ਹੋਏ ਨੁਕਸਾਨ ਬਾਬਤ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਗਏ ਹਨ ਤੇ ਹਰ ਕਿਸਾਨ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਤੇ ਸਬਜ਼ੀਆਂ ਦੇ ਹੋਏ ਨੁਕਸਾਨ ਸਬੰਧੀ ਵੀ ਵਿਸ਼ੇਸ਼ ਗਿਰਦਾਵਰੀ ਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਕੈਬਨਿਟ ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀ ਧਰਤੀ ਯੋਧਿਆਂ, ਸੰਘਰਸ਼ੀਆਂ ਤੇ ਸ਼ਹੀਦਾਂ ਦੀ ਧਰਤੀ ਹੈ ਤੇ ਇਸ ਧਰਤੀ ਸਬੰਧੀ ਕਿਸੇ ਵੱਲੋਂ ਵੀ ਬੋਲਿਆ ਕੋਈ ਵੀ ਅਪਮਾਨਜਨਕ ਸ਼ਬਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਪਿੰਡਾਂ ਦੇ ਵਾਸੀਆਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਲੰਬੇ ਸਮੇਂ ਤੋਂ ਪੈਂਡਿੰਗ ਪਏ ਵਿਕਾਸ ਕਾਰਜ ਹੁਣ ਜਲਦੀ ਮੁਕੰਮਲ ਹੋਣਗੇ, ਜਿਸ ਨਾਲ ਪਿੰਡਾਂ ਦੀ ਹਾਲਤ ਵਿੱਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਜ਼ਮੀਨੀ ਪੱਧਰ ‘ਤੇ ਨਜ਼ਰ ਆ ਰਹੇ ਹਨ।













